ਪੰਜਾਬ ਫਾਰਮੇਸੀ ਪ੍ਰੀਖਿਆ ਨਕਲ ਮਾਮਲੇ 'ਤੇ ਘਿਰੀ ਸਰਕਾਰ, ਵਿਰੋਧੀ ਧਿਰ ਨੇ ਮੰਗਿਆ ਸਿੱਖਿਆ ਮੰਤਰੀ ਦਾ ਅਸਤੀਫ਼ਾ, ਸੀਐੱਮ ਤੇ ਹਰਜੋਤ ਬੈਂਸ ਕੀ ਬੋਲੇ

ਪ੍ਰਕਾਸ਼ਿਤ
ਪੜ੍ਹਨ ਦਾ ਸਮਾਂ: 7 ਮਿੰਟ

'ਪੰਜਾਬ ਵਿੱਚ ਪਿਛਲੇ 4 ਸਾਲਾਂ ਵਿੱਚ ਪੇਪਰ ਲੀਕ ਦਾ ਇੱਕ ਵੀ ਮਾਮਲਾ ਸਾਹਮਣੇ ਨਹੀਂ ਆਇਆ', ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਇਹ ਬਿਆਨ ਉਸ ਵੇਲੇ ਆਇਆ ਹੈ ਜਦੋਂ ਵਿਰੋਧੀ ਪਾਰਟੀਆਂ ਲਗਾਤਾਰ ਸਰਕਾਰ ਨੂੰ ਫਾਰਮੇਸੀ ਪ੍ਰੀਖਿਆ ਵਿੱਚ ਨਕਲ ਦੇ ਮਾਮਲੇ ਨੂੰ ਲੈ ਕੇ ਲਗਾਤਾਰ ਘੇਰ ਰਹੀਆਂ ਹਨ।

ਦਰਅਸਲ ਪਿਛਲੇ ਦਿਨੀਂ ਫਰੀਦਕੋਟ ਦੀ ਬਾਬਾ ਫਰੀਦ ਯੂਨੀਵਰਸਿਟੀ ਵਿੱਚ ਫਾਰਮੇਸੀ ਦੀ ਪ੍ਰੀਖਿਆ ਦੌਰਾਨ ਨਕਲ ਦਾ ਮਾਮਲਾ ਸਾਹਮਣਾ ਆਇਆ ਸੀ। ਇਸ ਮਾਮਲੇ ਵਿੱਚ ਕਾਰਵਾਈ ਕਰਦਿਆਂ ਪੁਲਿਸ ਨੇ ਕੁਝ ਲੋਕਾਂ ਨੂੰ ਗ੍ਰਿਫ਼ਤਾਰ ਵੀ ਕੀਤਾ ਸੀ।

ਹਾਲਾਂਕਿ ਵਿਰੋਧੀ ਪਾਰਟੀਆਂ ਨੇ ਇਸ ਨੂੰ 'ਪੇਪਰ ਲੀਕ' ਦਾ ਮਾਮਲਾ ਕਹਿੰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਦੇ ਅਸਤੀਫ਼ੇ ਦੀ ਮੰਗ ਕੀਤੀ ਹੈ।

ਇਸੇ ਦੌਰਾਨ ਅਦਾਕਾਰਾ ਸ਼ਵੇਤਾ ਤਿਵਾਰੀ ਨੇ ਵੀ ਸੋਸ਼ਲ ਮੀਡੀਆ 'ਤੇ ਇਸ ਮਾਮਲੇ 'ਤੇ ਪ੍ਰਤੀਕਿਰਿਆ ਦਿੱਤੀ। ਉਨ੍ਹਾਂ ਕਾਕਰੋਟ ਜਨਤਾ ਪਾਰਟੀ ਦੇ ਸੰਸਥਾਪਕ ਅਭਿਜੀਤ ਦੀਪਕੇ ਦੀ ਵੀਡੀਓ ਸਾਂਝੀ ਕਰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਦੇ ਅਸਤੀਫ਼ੇ ਨੂੰ ਲੈ ਕੇ ਸਵਾਲ ਚੁੱਕੇ।

ਇਸ ਮਸਲੇ ਦੇ ਭਖਣ ਮਗਰੋਂ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ਉੱਤੇ ਇੱਕ ਵੀਡੀਓ ਸਾਂਝੀ ਕੀਤੀ।

ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਪੇਪਰ ਲੀਕ ਦਾ ਕੋਈ ਮਾਮਲਾ ਨਹੀਂ ਹੈ। ਫਾਰਮੇਸੀ ਵਿੱਚ ਪੇਪਰ ਲੀਕ ਨਹੀਂ, ਬਲਕਿ ਨਕਲ ਦਾ ਮਾਮਲਾ ਸੀ, ਜਿਸ ਨੂੰ ਅਸੀਂ ਹੀ ਫੜਿਆ ਸੀ। ਉਨ੍ਹਾਂ ਅੱਗੇ ਕਿਹਾ ਕਿ ਡਿਪਾਰਮੈਂਟ ਵੀ ਮੇਰਾ ਨਹੀਂ ਹੈ। ਉਹ ਪਹਿਲਾਂ ਵੀ ਕਹਿ ਚੁੱਕੇ ਹਨ ਕਿ ਜੇਕਰ ਉਨ੍ਹਾਂ ਦੇ ਅਸਤੀਫੇ ਨਾਲ ਵਿਵਸਥਾ ਸੁਧਰਦੀ ਹੈ ਤਾਂ ਉਹ ਇਸਦੇ ਲਈ ਹਮੇਸ਼ਾ ਤਿਆਰ ਹਨ।

ਵਿਰੋਧੀ ਧਿਰਾਂ ਦੀ ਮੰਗ

ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਪੰਜਾਬ ਦੇ ਫਾਰਮੇਸੀ ਅਫ਼ਸਰ ਦੀ ਭਰਤੀ ਪ੍ਰੀਖਿਆ ਵਿੱਚ ਨਕਲ ਨੂੰ ਲੈ ਕੇ ਆਮ ਆਦਮੀ ਪਾਰਟੀ 'ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਕਿ 'ਆਪ' ਆਗੂ ਪਹਿਲਾਂ ਪੇਪਰ ਲੀਕ ਦੇ ਮਾਮਲਿਆਂ ਵਿੱਚ ਮੰਤਰੀਆਂ ਦੇ ਅਸਤੀਫ਼ਿਆਂ ਦੀ ਮੰਗ ਕਰਦੇ ਰਹੇ ਹਨ, ਪਰ ਹੁਣ ਪੰਜਾਬ ਵਿੱਚ ਸਾਹਮਣੇ ਆਏ ਮਾਮਲੇ 'ਤੇ ਆਪਣੇ ਮੰਤਰੀ ਤੋਂ ਅਸਤੀਫ਼ਾ ਨਹੀਂ ਮੰਗ ਰਹੇ।

ਸਿਰਸਾ ਨੇ ਇਲਜ਼ਾਮ ਲਗਾਇਆ ਕਿ ਆਮ ਆਦਮੀ ਪਾਰਟੀ ਨੇ ਵਿਦਿਆਰਥੀਆਂ ਦੇ ਮੁੱਦੇ 'ਤੇ ਸਿਆਸਤ ਕੀਤੀ ਹੈ। ਉਨ੍ਹਾਂ ਕਿਹਾ, "ਜਿਹੜੇ ਲੋਕ ਦਿੱਲੀ ਵਿੱਚ ਪੇਪਰ ਲੀਕ ਦੇ ਮੁੱਦੇ 'ਤੇ ਮੰਤਰੀਆਂ ਦੇ ਅਸਤੀਫ਼ੇ ਮੰਗ ਰਹੇ ਸਨ, ਉਹ ਅੱਜ ਪੰਜਾਬ ਵਿੱਚ ਆਪਣੇ ਮੰਤਰੀ ਹਰਜੋਤ ਬੈਂਸ ਦਾ ਅਸਤੀਫ਼ਾ ਲੈਣ ਤੋਂ ਭੱਜ ਰਹੇ ਹਨ।"

ਭਾਜਪਾ ਆਗੂ ਨੇ ਕਿਹਾ ਕਿ ਇਸ ਮਾਮਲੇ ਵਿੱਚ ਸਰਕਾਰ ਨੂੰ ਜਵਾਬਦੇਹੀ ਤੈਅ ਕਰਨੀ ਚਾਹੀਦੀ ਹੈ। ਉਨ੍ਹਾਂ ਦਾਅਵਾ ਕੀਤਾ ਕਿ "ਬੱਚਿਆਂ ਦੇ ਭਵਿੱਖ ਨਾਲ ਖਿਲਵਾੜ ਹੋਇਆ ਹੈ ਅਤੇ ਸਰਕਾਰ ਨੂੰ ਇਸ ਦੀ ਜ਼ਿੰਮੇਵਾਰੀ ਲੈਣੀ ਚਾਹੀਦੀ ਹੈ।"

ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਜਿੱਥੇ 'ਆਪ' ਆਗੂ ਦੂਜੇ ਸੂਬਿਆਂ ਵਿੱਚ ਪੇਪਰ ਲੀਕ ਦੇ ਮੁੱਦੇ 'ਤੇ ਆਵਾਜ਼ ਚੁੱਕ ਰਹੇ ਹਨ, ਉੱਥੇ ਹੀ ਪੰਜਾਬ ਵਿੱਚ ਸਾਹਮਣੇ ਆਏ ਫਾਰਮੇਸੀ ਪ੍ਰੀਖਿਆ ਮਾਮਲੇ 'ਤੇ ਚੁੱਪ ਹਨ।

ਰਾਜਾ ਵੜਿੰਗ ਨੇ ਕਿਹਾ, "ਫਾਰਮੇਸੀ ਦਾ ਪੇਪਰ ਲੀਕ ਹੋਇਆ ਹੈ, ਇਸ 'ਤੇ ਵੀ ਭਗਵੰਤ ਮਾਨ ਨੂੰ ਜਵਾਬ ਦੇਣਾ ਚਾਹੀਦਾ ਹੈ ਕਿ ਇਹ ਕਿਵੇਂ ਹੋਇਆ। ਇਸ ਵਿੱਚ ਵੀ ਹਜ਼ਾਰਾਂ ਬੱਚਿਆਂ ਅਤੇ ਪਰਿਵਾਰਾਂ ਦਾ ਭਵਿੱਖ ਜੁੜਿਆ ਹੋਇਆ ਹੈ।"

"ਪੇਪਰ ਲੀਕ ਦੇ ਮਾਮਲੇ ਲਗਾਤਾਰ ਸਾਹਮਣੇ ਆ ਰਹੇ ਹਨ ਅਤੇ ਇਸ ਲਈ ਜ਼ਿੰਮੇਵਾਰੀ ਤੈਅ ਹੋਣੀ ਚਾਹੀਦੀ ਹੈ।"

ਰਾਜਾ ਵੜਿੰਗ ਨੇ ਕਿਹਾ ਕਿ ਫਾਰਮੇਸੀ ਪ੍ਰੀਖਿਆ ਮਾਮਲੇ ਵਿੱਚ ਵੀ ਸਰਕਾਰ ਨੂੰ ਜਵਾਬ ਦੇਣਾ ਚਾਹੀਦਾ ਹੈ ਕਿ ਇਹ ਕਿਵੇਂ ਵਾਪਰਿਆ, ਕਿਉਂਕਿ ਇਸ ਨਾਲ ਹਜ਼ਾਰਾਂ ਵਿਦਿਆਰਥੀਆਂ ਅਤੇ ਪਰਿਵਾਰਾਂ ਦਾ ਭਵਿੱਖ ਜੁੜਿਆ ਹੋਇਆ ਹੈ।

ਉਨ੍ਹਾਂ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਦੇ ਅਸਤੀਫ਼ੇ ਦੀ ਮੰਗ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਵਿਧਾਨ ਸਭਾ ਵਿੱਚ ਇਸ ਮਾਮਲੇ 'ਤੇ ਮੁਆਫੀ ਮੰਗਣੀ ਚਾਹੀਦੀ ਹੈ।"

ਉੱਧਰ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਅਰਸ਼ਦੀਪ ਸਿੰਘ ਕਲੇਰ ਨੇ ਆਪਣੀ ਪ੍ਰਤੀਕਿਰਿਆ ਦਿੰਦਿਆਂ ਕਿਹਾ ਹੈ, "ਬਾਬਾ ਫ਼ਰੀਦ ਯੂਨੀਵਰਸਿਟੀ ਦੇ ਫਾਰਮੇਸੀ ਪੇਪਰ ਲੀਕ ਮਾਮਲੇ ਲਈ ਦੋ ਮੰਤਰੀ ਨੈਤਿਕ ਤੌਰ 'ਤੇ ਜ਼ਿੰਮੇਵਾਰ ਹਨ। ਫਾਰਮੇਸੀ ਦਾ ਪੇਪਰ ਹੋਣ ਕਰਕੇ ਸੂਬੇ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਨਾਲ-ਨਾਲ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੂੰ ਵੀ ਜ਼ਿੰਮੇਵਾਰੀ ਲੈਣੀ ਚਾਹੀਦੀ ਹੈ।"

"ਜੇ ਕੇਂਦਰ ਸਰਕਾਰ ਨੇ ਇੱਕ ਮਿਸਾਲ ਕਾਇਮ ਕਰਦਿਆਂ ਆਪਣੇ ਸਿੱਖਿਆ ਮੰਤਰੀ ਦਾ ਅਸਤੀਫ਼ਾ ਲਿਆ ਹੈ, ਤਾਂ ਨੈਤਿਕਤਾ ਦੀ ਗੱਲ ਕਰਨ ਵਾਲੇ ਅਰਵਿੰਦ ਕੇਜਰੀਵਾਲ, ਮਨੀਸ਼ ਸਿਸੋਦੀਆ ਅਤੇ ਮੁੱਖ ਮੰਤਰੀ ਭਗਵੰਤ ਮਾਨ ਇਹ ਦੱਸਣ ਕਿ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੇ ਅਸਤੀਫ਼ੇ ਕਦੋਂ ਲਏ ਜਾਣਗੇ।"

ਮੁੱਖ ਮੰਤਰੀ ਨੇ ਕੀ ਜਵਾਬ ਦਿੱਤਾ

ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਮਾਮਲੇ 'ਤੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਇੱਕ ਵੀ ਪੇਪਰ ਲੀਕ ਨਹੀਂ ਹੋਇਆ ਅਤੇ ਫਾਰਮੇਸੀ ਪ੍ਰੀਖਿਆ ਮਾਮਲਾ ਪੇਪਰ ਲੀਕ ਨਹੀਂ, ਸਗੋਂ ਨਕਲ ਦਾ ਮਾਮਲਾ ਹੈ।

ਭਗਵੰਤ ਮਾਨ ਨੇ ਕਿਹਾ ਕਿ ਪੇਪਰ ਲੀਕ ਹੋਣਾ ਵਿਦਿਆਰਥੀਆਂ ਲਈ ਵੱਡਾ ਝਟਕਾ ਹੁੰਦਾ ਹੈ, ਕਿਉਂਕਿ ਬੱਚੇ ਸਾਲਾਂ ਤੱਕ ਮਿਹਨਤ ਕਰਕੇ ਪ੍ਰੀਖਿਆਵਾਂ ਦੀ ਤਿਆਰੀ ਕਰਦੇ ਹਨ।

ਉਨ੍ਹਾਂ ਨੇ ਅੱਗੇ ਕਿਹਾ, "ਜਿਹੜਾ ਬੱਚਾ 18-18 ਘੰਟੇ ਪੜ੍ਹਦਾ ਹੈ ਅਤੇ ਆਪਣੇ ਪਰਿਵਾਰ ਦੀ ਕਿਸਮਤ ਬਦਲਣ ਦਾ ਸੁਪਨਾ ਲੈ ਕੇ ਮਿਹਨਤ ਕਰਦਾ ਹੈ, ਜਦੋਂ ਉਸ ਨੂੰ ਪਤਾ ਲੱਗਦਾ ਹੈ ਕਿ ਪੇਪਰ ਲੀਕ ਹੋ ਗਿਆ ਤਾਂ ਉਸ ਦਾ ਦਿਲ ਟੁੱਟ ਜਾਂਦਾ ਹੈ।"

ਮੁੱਖ ਮੰਤਰੀ ਨੇ ਕੇਂਦਰ ਸਰਕਾਰ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਦੇਸ਼ ਵਿੱਚ ਵੱਖ-ਵੱਖ ਸਮੇਂ 'ਤੇ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੇ ਪੇਪਰ ਲੀਕ ਹੋਣ ਦੇ ਮਾਮਲੇ ਸਾਹਮਣੇ ਆਏ ਹਨ, ਜੋ ਪ੍ਰੀਖਿਆ ਪ੍ਰਣਾਲੀ ਦੀ ਅਸਫ਼ਲਤਾ ਹੈ।

ਪੰਜਾਬ ਦੇ ਮਾਮਲੇ ਬਾਰੇ ਉਨ੍ਹਾਂ ਕਿਹਾ, "ਪੰਜਾਬ ਵਿੱਚ ਕੋਈ ਪੇਪਰ ਲੀਕ ਨਹੀਂ ਹੋਇਆ। ਦੋ ਥਾਵਾਂ ਤੋਂ ਚੀਟਿੰਗ ਦੀ ਰਿਪੋਰਟ ਆਈ ਸੀ।" ਕੁਝ ਉਮੀਦਵਾਰਾਂ ਵੱਲੋਂ ਬਲੂਟੁੱਥ ਵਾਲੇ ਪੈੱਨ ਅਤੇ ਡਿਜੀਟਲ ਉਪਕਰਣਾਂ ਦੀ ਮਦਦ ਨਾਲ ਪ੍ਰਸ਼ਨ ਪੱਤਰ ਬਾਹਰ ਭੇਜਣ ਦੀ ਕੋਸ਼ਿਸ਼ ਕੀਤੀ ਗਈ ਸੀ।"

ਭਗਵੰਤ ਮਾਨ ਨੇ ਕਿਹਾ ਕਿ ਫਾਰਮੇਸੀ ਪ੍ਰੀਖਿਆ ਵਿੱਚ ਵੀ ਸ਼ੁਰੂਆਤ ਤੋਂ ਕੁਝ ਮਿੰਟਾਂ ਬਾਅਦ ਨਕਲ ਦਾ ਮਾਮਲਾ ਸਾਹਮਣੇ ਆਇਆ, ਜਿਸ 'ਤੇ ਪੁਲਿਸ ਨੇ ਕਾਰਵਾਈ ਕੀਤੀ। ਉਨ੍ਹਾਂ ਮੁਤਾਬਕ ਨਕਲ ਕਰਵਾਉਣ ਵਾਲੇ ਗਿਰੋਹ ਦੇ ਮੈਂਬਰਾਂ ਅਤੇ ਉਮੀਦਵਾਰਾਂ ਖ਼ਿਲਾਫ਼ ਕਾਰਵਾਈ ਕੀਤੀ ਗਈ ਹੈ।

ਮੁੱਖ ਮੰਤਰੀ ਨੇ ਕਿਹਾ, "ਪੰਜਾਬ ਵਿੱਚ ਨੌਕਰੀਆਂ ਨਾ ਪੈਸੇ ਨਾਲ, ਨਾ ਸਿਫ਼ਾਰਸ਼ ਨਾਲ, ਸਿਰਫ਼ ਮੈਰਿਟ ਦੇ ਆਧਾਰ 'ਤੇ ਦਿੱਤੀਆਂ ਜਾ ਰਹੀਆਂ ਹਨ।"

ਸਿੱਖਿਆ ਮੰਤਰੀ ਹਰਜੋਤ ਬੈਂਸ ਕੀ ਬੋਲੇ

ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਵਿਰੋਧੀਆਂ ਦੇ ਇਲਜ਼ਾਮਾਂ ਦਾ ਜਵਾਬ ਦਿੰਦਿਆਂ ਕਿਹਾ ਕਿ ਉਨ੍ਹਾਂ ਦੇ ਵਿਭਾਗ ਅਧੀਨ ਕਿਸੇ ਵੀ ਪ੍ਰੀਖਿਆ ਵਿੱਚ ਪੇਪਰ ਲੀਕ ਦਾ ਕੋਈ ਮਾਮਲਾ ਸਾਹਮਣੇ ਨਹੀਂ ਆਇਆ ਹੈ।

ਹਰਜੋਤ ਬੈਂਸ ਨੇ ਕਿਹਾ ਕਿ ਫਾਰਮੇਸੀ ਪ੍ਰੀਖਿਆ ਵਿੱਚ "ਪੇਪਰ ਲੀਕ ਨਹੀਂ, ਬਲਕਿ ਚੀਟਿੰਗ ਦਾ ਮਾਮਲਾ ਸੀ, ਜਿਸ ਨੂੰ ਸਰਕਾਰ ਨੇ ਹੀ ਫੜਿਆ ਹੈ।" ਉਨ੍ਹਾਂ ਵਿਰੋਧੀਆਂ ਨੂੰ ਸਵਾਲ ਕਰਦਿਆਂ ਕਿਹਾ ਕਿ ਉਹ ਦੱਸਣ ਕਿ ਉਨ੍ਹਾਂ ਦੇ ਵਿਭਾਗ ਨਾਲ ਸਬੰਧਤ ਕਿਹੜਾ ਪੇਪਰ ਲੀਕ ਹੋਇਆ ਹੈ।

ਉਨ੍ਹਾਂ ਕਿਹਾ ਕਿ ਸਿਰਫ਼ ਪੰਜਾਬ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਅਤੇ ਸੂਬੇ ਦੀ ਸਿੱਖਿਆ ਖੇਤਰ ਵਿੱਚ ਹੋ ਰਹੀ ਤਰੱਕੀ ਨੂੰ ਵੀ ਦੇਖਣਾ ਚਾਹੀਦਾ ਹੈ। ਬੈਂਸ ਨੇ ਦਾਅਵਾ ਕੀਤਾ ਕਿ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਕਾਰਗੁਜ਼ਾਰੀ ਵਿੱਚ ਵੱਡਾ ਸੁਧਾਰ ਹੋਇਆ ਹੈ।

ਉਨ੍ਹਾਂ ਕਿਹਾ, "ਇਹ 881 ਬੱਚਿਆਂ ਦੀ ਕਾਮਯਾਬੀ ਦੀ ਕਹਾਣੀ ਹੈ, ਜਿਸ ਬਾਰੇ ਕੋਈ ਗੱਲ ਨਹੀਂ ਕਰ ਰਿਹਾ। ਪੰਜਾਬ ਵਿੱਚ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦਾ ਉੱਚ ਸਿੱਖਿਆ ਪ੍ਰੀਖਿਆਵਾਂ ਵਿੱਚ ਪ੍ਰਦਰਸ਼ਨ ਪਹਿਲਾਂ ਨਾਲੋਂ ਬਿਹਤਰ ਹੋਇਆ ਹੈ।"

ਪੂਰਾ ਮਾਮਲਾ ਕੀ ਹੈ?

19 ਜੁਲਾਈ ਨੂੰ ਪੰਜਾਬ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵਿੱਚ ਫਾਰਮੇਸੀ ਅਫ਼ਸਰਾਂ ਦੀ ਭਰਤੀ ਲਈ ਬਾਬਾ ਫਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਵੱਲੋਂ ਲਿਖਤੀ ਪ੍ਰੀਖਿਆ ਕਰਵਾਈ ਗਈ ਸੀ।

ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਰਾਜੀਵ ਸੂਦ ਮੁਤਾਬਕ ਫਰੀਦਕੋਟ, ਕੋਟਕਪੂਰਾ ਅਤੇ ਫਿਰੋਜ਼ਪੁਰ ਦੇ 18 ਕੇਂਦਰਾਂ ਵਿੱਚ ਪ੍ਰੀਖਿਆ ਹੋਈ, ਜਿਸ ਵਿੱਚ ਕਰੀਬ 5 ਹਜ਼ਾਰ ਉਮੀਦਵਾਰ ਸ਼ਾਮਲ ਹੋਏ।

ਪੁਲਿਸ ਮੁਤਾਬਕ ਫਰੀਦਕੋਟ ਰੇਂਜ ਪੁਲਿਸ, ਫਿਰੋਜ਼ਪੁਰ ਰੇਂਜ ਪੁਲਿਸ ਅਤੇ ਪੰਜਾਬ ਪੁਲਿਸ ਦੇ ਕਾਊਂਟਰ ਇੰਟੈਲੀਜੈਂਸ ਵਿੰਗ ਨੇ ਸਾਂਝੇ ਆਪਰੇਸ਼ਨ ਦੌਰਾਨ ਇੱਕ ਅੰਤਰਰਾਜੀ ਨਕਲ ਗਿਰੋਹ ਦਾ ਪਰਦਾਫਾਸ਼ ਕੀਤਾ।

ਪੁਲਿਸ ਦਾ ਦਾਅਵਾ ਸੀ ਕਿ ਗਿਰੋਹ ਹਾਈਟੈੱਕ ਉਪਕਰਣਾਂ ਦੀ ਮਦਦ ਨਾਲ ਉਮੀਦਵਾਰਾਂ ਨੂੰ ਨਕਲ ਕਰਵਾ ਰਿਹਾ ਸੀ। ਉਮੀਦਵਾਰ ਲੁਕਵੇਂ ਕੈਮਰੇ ਵਾਲੇ ਪੈੱਨਾਂ ਨਾਲ ਪ੍ਰਸ਼ਨ ਪੱਤਰ ਦੀਆਂ ਤਸਵੀਰਾਂ ਬਾਹਰ ਭੇਜਦੇ ਸਨ ਅਤੇ ਬਾਅਦ ਵਿੱਚ ਵਾਇਰਲੈੱਸ ਉਪਕਰਣਾਂ ਰਾਹੀਂ ਉਨ੍ਹਾਂ ਨੂੰ ਜਵਾਬ ਦਿੱਤੇ ਜਾਂਦੇ ਸਨ।

ਪੁਲਿਸ ਮੁਤਾਬਕ ਉਮੀਦਵਾਰਾਂ ਤੋਂ ਪ੍ਰੀਖਿਆ ਪਾਸ ਕਰਵਾਉਣ ਲਈ 3.5 ਲੱਖ ਤੋਂ 13 ਲੱਖ ਰੁਪਏ ਤੱਕ ਵਸੂਲੇ ਗਏ।

ਇਸ ਮਾਮਲੇ ਵਿੱਚ ਹੁਣ ਤੱਕ 7 ਮੁੱਖ ਸਾਜ਼ਿਸ਼ਕਾਰਾਂ ਨੂੰ ਗ੍ਰਿਫ਼ਤਾਰ ਕਰਨ ਅਤੇ 28 ਉਮੀਦਵਾਰਾਂ ਨੂੰ ਹਿਰਾਸਤ ਵਿੱਚ ਲੈਣ ਦੀ ਜਾਣਕਾਰੀ ਦਿੱਤੀ ਗਈ ਹੈ। ਪੁਲਿਸ ਨੇ 27 ਬੈਟਰੀ ਨਾਲ ਚੱਲਣ ਵਾਲੇ ਵਾਇਰਲੈੱਸ ਨਕਲ ਉਪਕਰਣ ਵੀ ਬਰਾਮਦ ਕੀਤੇ ਹਨ।

ਪੁਲਿਸ ਨੇ ਕਿਹਾ ਹੈ ਕਿ ਮੁੱਢਲੀ ਜਾਂਚ ਵਿੱਚ ਪ੍ਰਸ਼ਨ ਪੱਤਰ ਪ੍ਰੀਖਿਆ ਤੋਂ ਪਹਿਲਾਂ ਲੀਕ ਹੋਣ ਦਾ ਕੋਈ ਸਬੂਤ ਨਹੀਂ ਮਿਲਿਆ ਅਤੇ ਮਾਮਲਾ ਪ੍ਰੀਖਿਆ ਦੌਰਾਨ ਕੀਤੀ ਗਈ ਨਕਲ ਨਾਲ ਜੁੜਿਆ ਸੀ।

ਬੀਬੀਸੀ ਲਈ ਕਲੈਕਟਿਵ ਨਿਊਜ਼ਰੂਮ ਵੱਲੋਂ ਪ੍ਰਕਾਸ਼ਿਤ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTER, WhatsApp ਅਤੇ YouTube 'ਤੇ ਜੁੜੋ।)